ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਨਗਰ ਕੀਰਤਨ | Sri Darbar Sahib | Amritsar

ਗੁਰੂ ਨਗਰੀ ਅੰਮ੍ਰਿਤਸਰ ਦੇ ਬਾਨੀ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਸ਼ਰਧਾ ਤੇ ਉਤਸ਼ਾਹ ਸਹਿਤ ਸਜਾਇਆ ਗਿਆ। ਨਗਰ ਕੀਰਤਨ ਸਜਾਉਣ ਤੋਂ ਪਹਿਲਾਂ ਅਰਦਾਸ ਕੀਤੀ ਗਈ। ਇਸ ਦੌਰਾਨ ਹਜ਼ਾਰਾਂ ਦੀ ਗਿਣਤੀ ‘ਚ ਪੁੱਜੀਆਂ ਸੰਗਤਾਂ ਨੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਚੌਥੇ ਪਾਤਸ਼ਾਹ ਜੀ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਨਗਰ ਕੀਰਤਨ ‘ਚ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਮਹਿੰਦਰ ਸਿੰਘ ਆਹਲੀ ਸਕੱਤਰ, ਭਾਈ ਰਜਿੰਦਰ ਸਿੰਘ ਮਹਿਤਾ ਅਤੇ ਭਗਵੰਤ ਸਿੰਘ ਸਿਆਲਕਾ ਮੈਂਬਰ, ਮੁਖਤਾਰ ਸਿੰਘ ਮੈਨੇਜਰ ਅਤੇ ਰਜਿੰਦਰ ਸਿੰਘ ਰੂਬੀ ਵਧੀਕ ਮੈਨੇਜਰ ਤੋਂ ਇਲਾਵਾ ਹੋਰ ਅਧਿਕਾਰੀ ਕਰਮਚਾਰੀ ਅਤੇ ਸ਼ਹਿਰ ਦੀਆਂ ਧਾਰਮਿਕ ਸਭਾ ਸੁਸਾਇਟੀਆਂ, ਸ਼ਬਦੀ ਜਥੇ ਅਤੇ ਸੰਗਤਾਂ ਸ਼ਾਮਿਲ ਹੋਈਆਂ। ਇਹ ਨਗਰ ਕੀਰਤਨ ਗੁਰੂ ਰਾਮਦਾਸ ਸਰਾਂ, ਬ੍ਰਹਮ ਬੂਟਾ ਮਾਰਕੀਟ, ਮਾਹਣਾ ਸਿੰਘ ਰੋਡ ਅਤੇ ਘੰਟਾ ਘਰ ਪਲਾਜ਼ਾ, ਪਾਪੜਾ ਵਾਲਾ ਬਾਜ਼ਾਰ, ਆਟਾ ਮੰਡੀ, ਬਾਜ਼ਾਰ ਬਾਂਸਾਂ, ਚੌਕ ਛੱਤੀ ਖੂਹੀ, ਚੌਂਕ ਮੋਨੀ ਅਤੇ ਚੌਕ ਪਰਾਗਦਾਸ, ਚੌਕ ਬਾਬਾ ਸਾਹਿਬ ਆਦਿ ਇਲਾਕਿਆਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਸੰਪੂਰਣ ਹੋਵੇਗਾ।