ਪੰਜਾਬ ਕਾਂਗਰਸ ਦੇ ਨਵੇਂ ‘ਕੈਪਟਨ’ ਬਣੇ ਨਵਜੋਤ ਸਿੰਘ ਸਿੱਧੂ, ਜਿੱਤ ਲਿਆ ਪ੍ਰਧਾਨਗੀ ਵਾਲਾ ‘ਮੈਚ’, ਲੈਣਗੇ ਸੁਨੀਲ ਜਾਖੜਾ ਦੀ ਥਾਂ
ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਹੈ। ਹੁਣ ਉਹ ਸੁਨੀਲ ਜਾਖੜ ਦੀ ਜਗ੍ਹਾ ਲੈਣਗੇ।

ਪੰਜਾਬ ਕਾਂਗਰਸ ਦਾ ਕਲੇਸ਼ ਹੁਣ ਸੁਲਝ ਗਿਆ ਹੈ।ਲੰਬੀ ਕਸਰਤ ਤੋਂ ਬਾਅਦ ਪਾਰਟੀ ਹਾਈ ਕਮਾਨ ਨੇ ਪੰਜਾਬ ਕਾਂਗਰਸ ਦੀ ਕਮਾਨ ਸਾਬਕਾ ਕੈਬਨਿਟ ਮੰਤਰੀ ਅਤੇ ਅੰਮ੍ਰਿਤਸਰ ਤੋਂ ਵਿਧਾਇਕ ਨਵਜੋਤ ਸਿੰਘ ਸਿੱਧੂ ਦੇ ਹੱਥ ਦੇ ਦਿੱਤੀ ਹੈ।ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਹੈ। ਹੁਣ ਉਹ ਸੁਨੀਲ ਜਾਖੜ ਦੀ ਜਗ੍ਹਾ ਲੈਣਗੇ। ਇਸਦੇ ਨਾਲ ਹੀ ਚਾਰ ਕਾਰਜਕਾਰੀ ਪ੍ਰਧਾਨ ਵੀ ਬਣਾਏ ਗਏ ਹਨ। ਸੰਗਤ ਸਿੰਘ ਗਿਲਜੀਆਂ, ਕੁਲਜੀਤ ਨਾਗਰਾ, ਪਵਨ ਗੋਇਲ ਅਤੇ ਸੁਖਵਿੰਦਰ ਡੈਨੀ ਨੂੰ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ।
ਅਗਲੇ ਸਾਲ ਰਾਜ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਅਤੇ ਅਜਿਹੀ ਸਥਿਤੀ ਵਿੱਚ ਕਾਂਗਰਸ ਹਾਈ ਕਮਾਨ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਲਈ ਨਵਜੋਤ ਸਿੰਘ ਸਿੱਧੂ ਦੇ ਨਾਮ ‘ਤੇ ਮੋਹਰ ਲਗਾ ਦਿੱਤੀ ਹੈ। ਆਉਣ ਵਾਲੇ ਸਮੇਂ ਵਿੱਚ ਸਿੱਧੂ ਦੇ ਸਾਹਮਣੇ ਬਹੁਤ ਸਾਰੀਆਂ ਚੁਣੌਤੀਆਂ ਹੋਣਗੀਆਂ, ਜਿਨ੍ਹਾਂ ਦਾ ਸਾਹਮਣਾ ਉਨ੍ਹਾਂ ਨੂੰ ਕਰਨਾ ਪਵੇਗਾ।
ਤੁਹਾਨੂੰ ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਅਜਿਹੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਸਿੱਧੂ ਨੂੰ ਸ਼ਾਇਦ ਪੰਜਾਬ ਕਾਂਗਰਸ ਦੀ ਕਮਾਨ ਮਿਲ ਜਾਵੇਗੀ। ਖਬਰਾਂ ਇਹ ਵੀ ਸਾਹਮਣੇ ਆਈਆਂ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨਵਜੋਤ ਸਿੱਧੂ ਨੂੰ ਸੂਬਾ ਪ੍ਰਧਾਨ ਬਣਾਉਣ ਦੇ ਸੰਭਾਵਿਤ ਫੈਸਲੇ ਤੋਂ ਨਾਰਾਜ਼ ਹਨ। ਪਰ ਆਖਰਕਾਰ ਸਿੱਧੂ ਨੇ ਇਹ ‘ਮੈਚ’ ਜਿੱਤ ਲਿਆ।
ਇਥੋਂ ਤਕ ਕਿ ਐਤਵਾਰ ਨੂੰ ਵੀ ਕੈਪਟਨ ਅਮਰਿੰਦਰ ਸਿੰਘ ਧੜੇ ਦੇ ਸੰਸਦ ਮੈਂਬਰਾਂ ਦੀ ਇੱਕ ਬੈਠਕ ਦਿੱਲੀ ਵਿੱਚ ਕਾਂਗਰਸ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਘਰ ਹੋਈ। ਕੈਪਟਨ ਦੇ ਧੜੇ ਤੋਂ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਸਿੱਧੂ ਨੂੰ ਇਕ ‘ਜੋਕਰ’ ਕਰਾਰ ਦਿੱਤਾ ਸੀ ਅਤੇ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਰਾਜ ਵਿਚ ਪਾਰਟੀ ਦੀ ਕਮਾਨ ਨਾ ਦਿੱਤੀ ਜਾਵੇ।
ਦੂਜੇ ਪਾਸੇ ਸਿੱਧੂ ਨੇ ਐਤਵਾਰ ਨੂੰ ਪਟਿਆਲਾ, ਖੰਨਾ ਅਤੇ ਜਲੰਧਰ ਵਿੱਚ ਪਾਰਟੀ ਵਿਧਾਇਕਾਂ ਨਾਲ ਮੁਲਾਕਾਤ ਕੀਤੀ ਜਿਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸਿੱਧੂ ਨੇ ਸਭ ਤੋਂ ਪਹਿਲਾਂ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ।
ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਅਤੇ ਦਰਸ਼ਨ ਬਰਾੜ ਵੀ ਜਲਾਲਪੁਰ ਦੀ ਰਿਹਾਇਸ਼ ‘ਤੇ ਮੌਜੂਦ ਸਨ। ਸਿੱਧੂ ਨੇ ਸ਼ੁਤਰਾਣਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਨਿਰਮਲ ਸਿੰਘ ਨਾਲ ਵੀ ਮੁਲਾਕਾਤ ਕੀਤੀ। ਬਾਅਦ ਵਿਚ ਉਹ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਅਤੇ ਪਾਇਲ ਤੋਂ ਵਿਧਾਇਕ ਲਖਵੀਰ ਸਿੰਘ ਲੱਖਾ ਨੂੰ ਵੀ ਮਿਲੇ।ਸਿੱਧੂ ਦੇ ਪ੍ਰਧਾਨ ਬਣਨ ਤੋਂ ਬਾਅਦ ਉਹਨਾਂ ਦਾ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਹੈ।