News

ਹਰਸਿਮਰਤ ਬਾਦਲ ਨੇ ਸੁਲਤਾਨਪੁਰ ਲੋਧੀ ਵਿਚ ਝਾੜੂ ਲਗਾ ਕੇ ਕੀਤੀ ਸੇਵਾ

ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀ ਤਿਆਰੀ ਲਈ ਚੱਲ ਰਹੀ ਸਫ਼ੈਦੀ ਅਤੇ ਸਫ਼ਾਈ ਸੇਵਾ ਵਿੱਚ ਆਪਣਾ ਤਿਲ ਫੁੱਲ ਯੋਗਦਾਨ ਪਾਉਣ ਦਾ ਸੁਭਾਗ ਪ੍ਰਾਪਤ ਹੋਇਆ। ਗੁਰੂ ਸਾਹਿਬ ਦੀ ਬਖਸ਼ਿਸ਼ ਸਦਕਾ ਸੇਵਾ ਕਾਰਜਾਂ ਦੇ ਚੱਲਦਿਆਂ ਗੁਰੂ ਕੀ ਨਗਰੀ ਸੁਲਤਾਨਪੁਰ ਲੋਧੀ ਬੜੇ ਮਨਮੋਹਣੇ ਅੰਦਾਜ਼ ‘ਚ ਢਲ ਰਹੀ ਹੈ।
ਕੇਂਦਰੀ ਫੂਡ ਪ੍ਰੋਸੈਸਿੰਗ ਅਤੇ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਸ਼ਨੀਵਾਰ ਦੁਪਹਿਰ ਇਤਿਹਾਸਕ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਨਤਮਸਤਕ ਹੋਏ। ਇਸ ਦੇ ਨਾਲ ਹੀ ਪਾਵਨ ਨਗਰੀ ‘ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਚੱਲ ਰਹੀਆਂ ਤਿਆਰੀਆਂ ਦਾ ਜਾਇਜਾ ਲਿਆ ਅਤੇ ਸ਼ਹਿਰ ‘ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਚੱਲ ਰਹੀ ਵਾਈਟ ਪੇਂਟ ਸੇਵਾ ਦੀ ਵੀ ਸਮੀਖਿਆ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਗੁਰਦੁਆਰਾ ਬੇਰ ਸਾਹਿਬ ‘ਚ ਇਕ ਬੂਟਾ ਵੀ ਲਗਾਇਆ ਅਤੇ ਉਪਰੰਤ ਅਕਾਲੀ ਦਲ ਦੇ ਅਤੇ ਸ਼੍ਰੋਮਣੀ ਕਮੇਟੀ ਮੈਬਰਾਂ ਨਾਲ ਸ਼ਹਿਰ ਦੀ ਸੁੰਦਰੀਕਰਨ ਸੰਬੰਧੀ ਮੀਟਿੰਗ ਕੀਤੀ।
ਇਸ ਸਮੇਂ ਬੀਬਾ ਬਾਦਲ ਨੇ ਕੇਦਰ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਲਈ 135 ਕਰੋੜ ਰੁਪਏ ਜਾਰੀ ਕਰਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸੁਲਤਾਨਪੁਰ ਲੋਧੀ ਨੂੰ ਸਮਾਰਟ ਸਿਟੀ ਬਣਾਇਆ ਜਾਵੇਗਾ ਅਤੇ ਇਹ ਕਾਰਜ ਜਲਦੀ ਆਰੰਭ ਕੀਤਾ ਜਾਵੇਗਾ। ਇਸ ਸਮੇਂ ਉਨ੍ਹਾਂ ਨਾਲ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਜਥੇ ਜਰਨੈਲ ਸਿੰਘ ਡੋਗਰਾਵਾਲ, ਜਥੇ ਸਰਵਨ ਸਿੰਘ ਕੁਲਾਰ, ਇੰਜੀਨੀਅਰ ਸਵਰਨ ਸਿੰਘ, ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਰਿਆੜ ਅਤੇ ਹੋਰਨਾਂ ਸ਼ਿਰਕਤ ਕੀਤੀ।

Related Articles

Back to top button