ਅੰਮ੍ਰਿਤਸਰ, 9 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੱਲ 10 ਜੂਨ ਨੂੰ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਉਣ ਲਈ ਪਾਕਿਸਤਾਨ ਜਾ ਰਹੇ ਜਥੇ ਦੇ ਸ਼ਰਧਾਲੂਆਂ ਨੂੰ ਵੀਜ਼ਾ ਲੱਗੇ ਪਾਸਪੋਰਟ ਵੰਡੇ ਗਏ। ਇਸ ਮੌਕੇ ਗੱਲਬਾਤ ਕਰਦੇ ਹੋਏ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਦੱਸਿਆ ਕਿ ਇਸ ਵਾਰ ਸ਼੍ਰੋਮਣੀ ਕਮੇਟੀ ਵਲੋਂ 561 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਿਆਂ ਵਾਸਤੇ ਪਾਕਿਸਤਾਨੀ ਦੂਤਾਵਾਸ ਨੂੰ

ਨਵੀਂ ਦਿੱਲੀ ਵਿਖੇ ਭੇਜੇ ਗਏ ਸਨ। ਪਰ ਵੀਹ ਸ਼ਰਧਾਲੂਆਂ ਨੂੰ ਕਿਸੇ ਕਾਰਨ ਵੀਜ਼ੇ ਨਹੀਂ ਮਿਲ ਸਕੇ। ਉਨਾਂ ਦੱਸਿਆ ਕਿ ਇਹ ਜਥਾ ਕੱਲ੍ਹ 10 ਜੂਨ ਨੂੰ ਅਟਾਰੀ- ਵਾਹਗਾ ਸਰਹੱਦ ਰਸਤੇ ਪਾਕਿਸਤਾਨ ਲਈ ਰਵਾਨਾ ਹੋਵੇਗਾ ਅਤੇ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਸ਼ਹੀਦੀ ਪੁਰਬ ਮਨਾਉਣ ਅਤੇ ਪਾਕਿਸਤਾਨ ਸਥਿਤ ਹੋਰ ਵੱਖ ਵੱਖ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ 19 ਜੂਨ ਨੂੰ ਵਾਪਸ ਦੇਸ਼ ਪਰਤ ਆਵੇਗਾ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਅਤੇ ਯਾਤਰਾ ਵਿਭਾਗ ਦੇ ਇੰਚਾਰਜ ਜਗਜੀਤ ਸਿੰਘ ਜੱਗਾ ਵੀ ਹਾਜ਼ਰ ਸਨ।